ਪੀੜਾਂ ਦਾ ਪਰਾਗਾ-ਸ਼ਿਵ ਕੁਮਾਰ ਬਟਾਲਵੀ

ਤੈਨੂੰ  ਦਿਆਂ ਹੰਝੂਆਂ ਦਾ ਭਾੜਾ,
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਭੱਠੀ ਵਾਲੀਏ ਚੰਬੇ ਦੀਏ ਡਾਲੀਏ
ਨੀਂ ਦੁਖਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।ਹੋ ਗਿਆ ਕੁਵੇਲਾ ਮੈਨੂੰ
ਢਲ ਗਈਆਂ  ਛਾਵਾਂ ਨੀਂ
ਬੇਲਿਆਂ ਚੋਂ ਮੁੜ ਆਈਆਂ
ਮਝੀਆਂ ਤੇ ਗਾਵਾਂ ਨੀਂ
ਪਾਇਆ ਚਿੜੀਆਂ ਨੇ ਚੀਕ-ਚਿਹਾੜਾ
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਤੈਨੂੰ  ਦਿਆਂ ਹੰਝੂਆਂ ਦਾ ਭਾੜਾ,
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਛੇਤੀ-ਛੇਤੀ ਕਰੀਂ
ਮੈਂ ਤਾਂ ਜਾਣਾਂ ਬੜੀ ਦੂਰ ਨੀਂ
ਜਿੱਥੇ ਮੇਰੇ ਹਾਣੀਆਂ ਦਾ
ਟੁਰ ਪਿਆ ਪੂਰ ਨੀਂ
ਉਸ ਪਿੰਡ ਦਾ ਸੁਣੀਂਦੈ ਰਾਹ ਮਾੜਾ
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਤੈਨੂੰ  ਦਿਆਂ ਹੰਝੂਆਂ ਦਾ ਭਾੜਾ,
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਮੇਰੀ ਵਾਰੀ ਪੱਤਿਆਂ ਦੀ
ਪੰਡ ਸਿੱਲ੍ਹੀ ਹੋ ਗਈ
ਮਿੱਟੀ ਦੀ ਕੜਾਹੀ ਤੇਰੀ
ਕਾਹਨੂੰ ਪਿੱਲੀ ਹੋ ਗਈ
ਤੇਰੇ ਸੇਕ ਨੂੰ ਕੀ ਵੱਜਿਆ ਦੁਗਾੜਾ
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਤੈਨੂੰ  ਦਿਆਂ ਹੰਝੂਆਂ ਦਾ ਭਾੜਾ,
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਲੱਪ ਕੁ ਏ ਚੁੰਗ ਮੇਰੀ
ਮੈਨੂੰ ਪਹਿਲਾਂ ਟੋਰ ਨੀਂ
ਕੱਚੇ-ਕੱਚੇ ਰੱਖ ਨਾ ਨੀਂ
ਰਾੜ੍ਹ ਥੋੜੇ ਹੋਰ ਨੀਂ
ਕਰਾਂ ਮਿੰਨਤਾਂ ਮੁਕਾ ਨੀਂ ਪੁਆੜਾ
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਤੈਨੂੰ  ਦਿਆਂ ਹੰਝੂਆਂ ਦਾ ਭਾੜਾ,
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਸੌਂ ਗਈਆਂ ਹਵਾਵਾਂ ਰੋ-ਰੋ
ਕਰ ਵਿਰਲਾਪ ਨੀਂ
ਤਾਰਿਆਂ ਨੂੰ ਚੜ੍ਹ ਗਿਆ
ਮੱਠਾ-ਮੱਠਾ ਤਾਪ ਨੀਂ
ਜੰਜ ਸਾਹਾਂ ਦੀ ਦਾ ਰੁੱਸ ਗਿਆ ਲਾੜਾ
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।
ਤੈਨੂੰ  ਦਿਆਂ ਹੰਝੂਆਂ ਦਾ ਭਾੜਾ,
ਨੀਂ ਪੀੜਾਂ ਦਾ ਪਰਾਗਾ ਭੁੰਨ ਦੇ
ਭੱਠੀ ਵਾਲੀਏ ।