ਬਿਰਹਾ – Shiv Kumar Batalvi

ਮੈਥੋਂ ਮੇਰਾ ਬਿਰਹਾ ਵੱਡਾ
ਮੈਂ ਨਿੱਤ ਕੂਕ ਰਿਹਾ
ਮੇਰੀ ਝੋਲੀ ਇਕੋ ਹੌਕਾ
ਇਹਦੀ ਝੋਲ ਅਥਾਹ ।

ਬਾਲ-ਵਰੇਸੇ ਇਸ਼ਕ ਗਵਾਚਾ
ਜ਼ਖ਼ਮੀ ਹੋ ਗਏ ਸਾਹ
ਮੇਰੇ ਹੋਠਾਂ ਵੇਖ ਲਈ
ਚੁੰਮਣਾਂ ਦੀ ਜੂਨ ਹੰਢਾ ।

ਜੋ ਚੁੰਮਣ ਮੇਰੇ ਦਰ ‘ਤੇ ਖੜ੍ਹਿਆ
ਇਕ ਅੱਧ ਵਾਰੀ ਆ
ਮੁੜ ਉਹ ਭੁੱਲ ਕਦੇ ਨਾ ਲੰਘਿਆ
ਏਸ ਦਰਾਂ ਦੇ ਰਾਹ ।

ਮੈਂ ਉਹਨੂੰ ਨਿੱਤ ਉਡੀਕਣ ਬੈਠਾ
ਥੱਕਿਆ ਔਂਸੀਆਂ ਪਾ
ਮੈਨੂੰ ਉਹ ਚੁੰਮਣ ਨਾ ਬਹੁੜਿਆ
ਸੈ ਚੁੰਮਣਾਂ ਦੇ ਵਣ ਗਾਹ ।

ਉਹ ਚੁੰਮਣ ਮੇਰੇ ਹਾਣ ਦਾ
ਵਿਚ ਲੱਖ ਸੂਰਜ ਦਾ ਤਾ
ਜਿਹੜੇ ਸਾਹੀਂ ਚੇਤਰ ਖੇਡਦਾ
ਮੈਨੂੰ ਉਸ ਚੁੰਮਣ ਦਾ ਚਾ ।

ਪਰਦੇਸੀ ਚੁੰਮਣ ਮੈਂਡਿਆ
ਕਦੇ ਵਤਨੀਂ ਫੇਰਾ ਪਾ
ਕਿਤੇ ਸੁੱਚਾ ਬਿਰਹਾ ਤੈਂਡੜਾ
ਮੈਥੋਂ ਜੂਠਾ ਨਾ ਹੋ ਜਾ ।

ਬਿਰਹਾ ਵੀ ਲੋਭੀ ਕਾਮ ਦਾ
ਇਹਦੀ ਜਾਤ ਕੁਜਾਤ ਨਾ ਕਾ
ਭਾਵੇਂ ਬਿਰਹਾ ਰੱਬੋਂ ਵੱਡੜਾ
ਮੈਂ ਉੱਚੀ ਕੂਕ ਰਿਹਾ ।